ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
ਪਟਿਆਲਾ ਦੇ ਮੇਅਰ ਵਲੋਂ ਅੱਜ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਨਾਜਾਇਜ਼ ਤਾਰਾਂ ਅਤੇ ਤਾਰਾਂ ਦੇ ਜੰਜਾਲ ਬਾਰੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੇਅਰ ਨੇ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬਿਨਾਂ ਇਜਾਜ਼ਤ ਕਾਰਪੋਰੇਸ਼ਨ ਦੇ ਖੰਬਿਆ ਉਪਰ ਤਾਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਤਾਰਾਂ ਦੇ ਜੰਜਾਲ ਕਾਰਨ ਕਈ ਵਾਰ ਕਰੰਟ ਲੱਗਣ, ਅੱਗ ਲੱਗਣ ਅਤੇ ਹਾਦਸਿਆਂ ਦੇ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਸਬੰਧੀ ਤਾਰਾ ਕੰਪਨੀਆਂ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਤੁਰੰਤ ਗੈਰ-ਕਾਨੂੰਨੀ ਤਾਰਾਂ ਨੂੰ ਹਟਾਉਣ, ਨਹੀਂ ਤਾਂ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੇਅਰ ਨੇ ਕਿਹਾ ਕਿ ਕਾਰਪੋਰੇਸ਼ਨ ਹੁਣ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਉਹਨਾ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਸ਼ਹਿਰ ਦੀ ਪੂਰੀ ਸਰਵੇਖਣ ਰਿਪੋਰਟ ਤੁਰੰਤ ਤਿਆਰ ਕੀਤੀ ਜਾਵੇ ਅਤੇ ਜਿੱਥੇ ਵੀ ਗੈਰ-ਕਾਨੂੰਨੀ ਤਾਰ ਮਿਲਣ, ਉਥੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਮੇਅਰ ਨੇ ਦੱਸਿਆ ਕਿ ਸ਼ਹਿਰ ਨੂੰ ਸੁੰਦਰ ਅਤੇ ਸੁਰੱਖਿਅਤ ਬਣਾਉਣਾ ਕਾਰਪੋਰੇਸ਼ਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਹੋਏਗੀ। ਉਹਨਾ ਨੇ ਤਾਰਾ ਕੰਪਨੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਜੇਕਰ ਸ਼ਹਿਰ ਦੇ ਨਿਰਧਾਰਤ ਮਾਪਦੰਡਾਂ ਦਾ ਪਾਲਣ ਨਹੀਂ ਕੀਤਾ ਗਿਆ ਤਾਂ ਉਹਨਾਂ ਖ਼ਿਲਾਫ਼ ਕਾਰਵਾਈ ਹੋਰ ਵੀ ਤੇਜ਼ ਕਰ ਦਿੱਤੀ ਜਾਵੇਗੀ। ਸ਼ਹਿਰੀ ਨਿਗਮ ਜਲਦੀ ਹੀ ਤਾਰਾਂ ਦੀ ਸਫਾਈ ਮੁਹਿੰਮ ਚਲਾਉਣ ਜਾ ਰਿਹਾ ਹੈ, ਜਿਸ ਨਾਲ ਪਟਿਆਲਾ ਨੂੰ ਸੁਚੱਜਾ ਤੇ ਸੁਰੱਖਿਅਤ ਬਣਾਇਆ ਜਾ ਸਕੇ।
ਮੇਅਰ ਨੇ ਅੰਤ ਵਿੱਚ ਪ੍ਰਾਈਵੇਟ ਕੰਪਨੀਆਂ ਅਤੇ ਹੋਰਨਾਂ ਨੂੰ ਇਨ੍ਹਾਂ ਬੇ ਮਤਲਬੀ ਤਾਰਾ ਦੇ ਜੰਜਾਲ ਨੂੰ ਜਲਦ ਹਟਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਾਈਵੇਟ ਕੰਪਨੀਆਂ ਨੇ ਨਿਗਮ ਤੋਂ ਮਨਜੂਰੀ ਲਈ ਹੈ ਉਹ ਵੀ ਬਣਦਾ ਕਿਰਾਇਆ ਸਮੇਂ ਨਾਲ ਜਮਾ ਕਰਵਾਉਣ। ਇਸ ਮੌਕੇ ਮੇਅਰ ਕੁੰਦਨ ਗੋਗੀਆ ਤੋ ਇਲਾਵਾ ਸੰਬੰਧਿਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਰਹੇ।